Home PHAGWARA ਅੱਤਵਾਦੀ ਤਾਕਤਾਂ ਖਿਲਾਫ਼ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ...

ਅੱਤਵਾਦੀ ਤਾਕਤਾਂ ਖਿਲਾਫ਼ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ ਭਾਰਤ : ਗੁਲਾਬ ਚੰਦ ਕਟਾਰੀਆ

74
0
ad here
ads
ads

‘ਓਪਰੇਸ਼ਨ ਸਿੰਧੂਰ ਵਿਜੇ ਯਾਤਰਾ’ ਦੀ ਕੀਤੀ ਅਗਵਾਈ

ਹਰੇਕ ਪੰਜਾਬੀ ਨੂੰ ਨਸ਼ਿਆਂ ਖਿਲਾਫ਼ ਜੰਗ ਦਾ ਸਿਪਾਹੀ ਬਣਨ ਲਈ ਕਿਹਾ, ਸਿੱਖਿਆ ਸੰਸਥਾਵਾਂ ਨੂੰ ਨਸ਼ਿਆਂ ਖਿਲਾਫ਼ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ad here
ads

ਫਗਵਾੜਾ, 10ਜੂਨ( ਪ੍ਰੀਤੀ ) : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਓਪਰੇਸ਼ਨ ਸਿੰਧੂਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਪਹਿਲਗਾਮ ਦੀ ਕਾਇਰਾਨਾ ਹਰਕਤ ਤੋਂ ਬਾਅਦ ਜਿਸ ਤਰ੍ਹਾਂ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ, ਉਹ ਦੇਸ਼ ਦੇ ਇਤਿਹਾਸ ਵਿੱਚ ਲਾਸਾਨੀ ਹੈ।
ਇਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ‘ਓਪਰੇਸ਼ਨ ਸਿੰਧੂਰ ਵਿਜੇ ਯਾਤਰਾ’ ਦਾ ਆਗਾਜ਼ ਕਰਦਿਆਂ ਰਾਜਪਾਲ ਨੇ ਕਿਹਾ ਕਿ ਭਾਰਤੀ ਫੌਜ ਵੱਲੋਂ ਅੱਤਵਾਦੀ ਟਿਕਾਣਿਆਂ ’ਤੇ ਕੀਤੀ ਗਈ ਕਾਰਵਾਈ ਨੇ ਵਿਸ਼ਵ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਦੇਸ਼ ਦੇ ਕਿਸੇ ਨਾਗਰਿਕ ਨੂੰ ਜੇ ਅੱਤਵਾਦ ਦਾ ਨਿਸ਼ਾਨਾ ਬਣਾਇਆ ਜਾਵੇਗਾ ਤਾਂ ਭਾਰਤ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਾਊਂਡਰ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਵੀ ਮੌਜੂਦ ਸਨ।
ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਓਪਰੇਸ਼ਨ ਦੌਰਾਨ ਸੂਬੇ ਦਾ ਆਮ ਨਾਗਰਿਕ ਭਾਰਤੀ ਫੌਜ ਨਾਲ ਖੜ੍ਹਾ ਰਿਹਾ, ਜਿਸ ਨਾਲ ਫੌਜ ਦਾ ਮਨੋਬਲ ਵੀ ਉੱਚਾ ਹੋਇਆ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਜਿਥੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟੇ ਹੋਏ ਹਨ ਉਥੇ ਸਾਡਾ ਵੀ ਫਰਜ਼ ਬਣਦਾ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇਸ ਅਲਾਮਤ ਖਿਲਾਫ਼ ਵਿੱਢੀ ਲੜਾਈ ਵਿੱਚ ਸਰਗਰਮ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਨਸ਼ਿਆਂ ਖਿਲਾਫ਼ ਜੰਗ ਦਾ ਸਿਪਾਹੀ ਬਣੇ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਬਹੁਤ ਸਰਗਰਮੀ ਨਾਲ ਕੰਮ ਕਰ ਰਹੀ ਹੈ ਪਰ ਨਸ਼ੇ ਖਿਲਾਫ਼ ਜੰਗ ਨੂੰ ਸਿਰਫ਼ ਸਰਕਾਰਾਂ ਦੀਆਂ ਕੋਸ਼ਿਸ਼ਾਂ ਤੱਕ ਸੀਮਿਤ ਨਹੀਂ ਕੀਤਾ ਜਾ ਸਕਦਾ ਸਗੋਂ ਸਮਾਜ ਦੇ ਹਰੇਕ ਵਰਗ ਨੂੰ ਅੱਗੇ ਆਉਂਦਿਆਂ ਇਸ ਲੜਾਈ ਨੂੰ ਜਨ ਅੰਦੋਲਨ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਸਿਰਜਣ ਲਈ ਸਭ ਨੂੰ ਨਸ਼ਿਆਂ ਖਿਲਾਫ਼ ਲਹਿਰ ਦਾ ਹਿੱਸਾ ਬਣਨਾ ਚਾਹੀਦਾ ਹੈ।
ਨਸ਼ੇ ਦੇ ਆਦੀ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣ ’ਤੇ ਜ਼ੋਰ ਦਿੰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਨਸ਼ਿਆਂ ਖਿਲਾਫ਼ ਇਸ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਰਾਜਪਾਲ ਸ਼੍ਰੀ ਕਟਾਰੀਆ ਨੇ ਇਸ ਮੌਕੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਵੀ ਕੀਤੀ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਰਾਜਪਾਲ ਪੰਜਾਬ ਦਾ ਯੂਨੀਵਰਸਿਟੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਸ਼੍ਰੀ ਕਟਾਰੀਆ ਵੱਲੋਂ ਸਿੱਖਿਆ, ਸਮਾਜ ਸੇਵਾ ਅਤੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ‘ਓਪਰੇਸ਼ਨ ਸਿੰਧੂਰ ਵਿਜੇ ਯਾਤਰਾ’ ਦੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਮੱਖ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ, ਨੈਸ਼ਨਲ ਕਾਊਂਸਲ ਫਾਰ ਟੀਚਰ ਐਜੂਕੇਸ਼ਨ ਦੇ ਚੇਅਰਮੈਨ ਡਾ. ਪੰਕਜ ਅਰੋੜਾ, ਪਰੋ ਚਾਂਸਲਰ ਡਾ. ਰਸ਼ਮੀ ਮਿੱਤਲ, ਵਾਈਸ ਚਾਂਸਲਰ ਐਲ.ਪੀ.ਯੂ. ਪ੍ਰੋ. (ਡਾ.) ਜਸਪਾਲ ਸਿੰਘ ਸੰਧੂ, ਆਈ.ਏ.ਐਸ. ਅਧਿਕਾਰੀ ਲਲਿਤ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਅਤੇ ਸਟਾਫ਼ ਮੌਜੂਦ ਸੀ।

ad here
ads
Previous articleਪਲਾਹੀ ਤੋਂ ਫਗਵਾੜਾ ਤੱਕ ਜਾਂਦੀ ਸੜਕ ਦੀ ਹਾਲਤ ਖ਼ਸਤਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ
Next articleਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਬਾਲ ਵਿਕਾਸ ਪ੍ਰੋਜੈਕਟ ਅਫਸਰ

LEAVE A REPLY

Please enter your comment!
Please enter your name here