ਖੰਨਾ, ਲੁਧਿਆਣਾ 23 ਮਈ, 2025 :
ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ।
ਪੰਚਾਇਤ ਮੰਤਰੀ ਸੌਂਦ ਨੇ ਕਿਹਾ ਕਿ ਜੇਕਰ ਹਰੇਕ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ। ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ।