ਲੁਧਿਆਣਾ, 15 ਮਈ – ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਪੰਜਾਬ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਉੱਤਰੀ ਅਧੀਨ ਸਲੇਮ ਟਾਬਰੀ ਵਿਖੇ ਪਹਿਲੇ ਸਪੋਰਟਸ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ ਜਿੱਥੇ ਬੱਚਿਆਂ ਵੱਲੋਂ ਖੇਡਾਂ ਦਾ ਭਰਪੂਰ ਆਨੰਦ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਵੱਲੋਂ ਸਪੋਰਟਸ ਪਾਰਕ ਵਿੱਚ ਖੇਡਣ ਲਈ ਵੱਧ ਚੜ੍ਹਕੇ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।
ਵਿਧਾਇਕ ਬੱਗਾ ਨੇ ਦੱਸਿਆ ਕਿ ਬੀਤੇ ਕੱਲ ਬੱਚਿਆਂ ਦੀਆਂ ਵੱਖ-ਵੱਖ ਕ੍ਰਿਕਟ ਟੀਮਾਂ ਵੱਲੋਂ ਕਰੀਬ 6 ਮੈਚ ਖੇਡੇ ਗਏ ਜੋ ਰਾਤ 10 ਵਜੇ ਸਮਾਪਤ ਹੋਏ ਅਤੇ ਅੱਜ ਵੀ ਕਰੀਬ 5 ਮੈਚ ਖੇਡੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਟੀਮਾਂ ਦੀ ਰਜਿਸ਼ਟਰੇਸ਼ਨ ਤੋਂ ਬਾਅਦ ਉਨ੍ਹਾਂ ਨੂੰ ਡੇਢ-ਡੇਢ ਘੰਟੇ ਦਾ ਸਲੋਟ ਦਿੱਤਾ ਜਾਂਦਾ ਹੈ ਅਤੇ ਖਿਡਾਰੀਆਂ ਨੂੰ ਮੁਫ਼ਤ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਨੂੰ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ ਜਿਸਦੇ ਤਹਿਤ ਅਨੇਕਾਂ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ।