ਫਗਵਾੜਾ 22 ਮਈ (ਪ੍ਰੀਤੀ) ਸਿਵਲ ਹਸਪਤਾਲ ਫਗਵਾੜਾ ‘ਚ ਦੇਰ ਰਾਤ ਉਦੋਂ ਹੰਗਾਮਾ ਹੋ ਗਿਆ, ਜਦੋਂ ਇਲਾਜ ਦੌਰਾਨ ਮਰੀਜ਼ ਦੀ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦੇ ਸਟਾਫ ‘ਤੇ ਇਲਾਜ ‘ਚ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਗਏ ਅਤੇ ਹਸਪਤਾਲ ‘ਚ ਭੰਨ-ਤੋੜ ਵੀ ਕੀਤੀ ਗਈ। ਹੰਗਾਮੇ ਦੀ
ਸੂਚਨਾ ਮਿਲਦੇ ਹੀ ਫਗਵਾੜਾ ਪੁਲਿਸ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚਦੇ ਹਨ, ਜਿਨ੍ਹਾਂ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਕੋਲੋਂ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ।ਪੱਤਰਕਾਰਾਂ ਨੇ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਇਸ ਸਬੰਧੀ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਇਸ ਸਬੰਧੀ ਐੱਸਐਮਓ ਫਗਵਾੜਾ ਪਰਮਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਕੁਝ ਦਿਨ ਪਹਿਲਾਂ ਕਪਿਲ ਪੁੱਤਰ ਰਾਮ ਲਾਲ ਵਾਸੀ ਅਰਬਨ ਅਸਟੇਟ ਫਗਵਾੜਾ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਡਾਕਟਰਾਂ ਵੱਲੋਂ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ 19 ਮਈ ਨੂੰ ਦੁਬਾਰਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੱਡੇ ਹਸਪਤਾਲ ਜਾਂ ਮੈਡੀਕਲ ਕਾਲਜ ਜਾਣ ਦੀ ਸਲਾਹ ਦਿੱਤੀ ਪਰ ਪਰਿਵਾਰਕ ਮੈਂਬਰਾਂ ਵੱਲੋਂ ਕਿਹਾ ਕਿ ਉਹ ਇਸ ਦਾ ਇਲਾਜ ਸਿਵਲ ਹਸਪਤਾਲ ਫਗਵਾੜਾ ਵਿਚ ਹੀ ਕਰਵਾਉਣਾ ਚਾਹੁੰਦੇ ਹਨ ਜੋ ਕਿ ਪਰਿਵਾਰਕ ਮੈਂਬਰਾਂ ਵੱਲੋਂ ਮਰੀਜ਼ ਦੀ ਫਾਈਲ ਤੇ ਲਿਖਤੀ ਰੂਪ ‘ਚ ਵੀ ਦਿੱਤਾ ਗਿਆ। ਐੱਸਐੱਮਓ ਨੇ ਜਾਣਕਾਰੀ ਦਿੱਤੀ ਕਿ ਰਾਤ ਕਰੀਬ 9:20 ਮਿੰਟ ‘ਤੇ ਮਰੀਜ਼ ਦੀ ਮੌਤ ਹੋ ਜਾਂਦੀ ਹੈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ‘ਚ ਹੰਗਾਮਾ ਕੀਤਾ ਜਾਂਦਾ ਹੈ। ਹੰਗਾਮੇ ਦੌਰਾਨ ਭੰਨ-ਤੋੜ ਵੀ ਕੀਤੀ ਜਾਂਦੀ ਹੈ ਤੇ ਸਟਾਫ ਦੀਆਂ ਦੋ ਲੇਡੀਜ਼ ਉੱਪਰ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ। ਹਸਪਤਾਲ ਦੇ ਕੋਨੇ-ਕੋਨੇ ‘ਚ ਕੈਮਰੇ ਲੱਗੇ ਹੋਏ ਹਨ, ਜਿਨ੍ਹਾਂ ਦੀ ਸੀਸੀਟੀਵੀ ਫੁਟੇਜ ਕਢਵਾ ਲਈ ਗਈ ਤੇ ਇਸ ਸਬੰਧੀ ਇਕ ਲਿਖਤੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਤੇ ਆਪਣੇ ਉੱਚ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਜਾਣੂ ਕਰਵਾਇਆ ਗਿਆ।